14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਜਤਿੰਦਰ ਸਿੰਘ ਸ਼ੰਟੀ <br/>

ਅਜੀਤ ਡੈਸਕ 30-01-2026
ਕਪੂਰਥਲਾ, 29 ਜਨਵਰੀ (ਅਮਰਜੀਤ ਕੋਮਲ)-ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਸਬੰਧਿਤ ਮੁਲਜ਼ਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ | ਇਹ ਗੱਲ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਮੈਂਬਰ ਪੰਜਾਬ ਰਾਜ ਹਿਊਮਨ ਰਾਈਟਸ ਕਮਿਸ਼ਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੀ ਮੌਜੂਦਗੀ 'ਚ ਬਾਰ ਐਸੋਸੀਏਸ਼ਨ ਤੇ ਮੈਡੀਕਲ ਐਸੋਸੀਏਸ਼ਨ ਦੇ ਮੈਂਬਰਾਂ, ਪ੍ਰਸ਼ਾਸਨਿਕ ਅਧਿਕਾਰੀਆਂ ਤੇ ਮਨੁੱਖੀ ਅਧਿਕਾਰਾਂ ਲਈ ਕੰਮ ਕਰ ਰਹੀਆਂ ਜਥੇਬੰਦੀਆਂ ਦੇ ਪ੍ਰਤੀਨਿਧਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਰਾਜ ਵਿਚ ਮਨੁੱਖੀ ਅਧਿਕਾਰਾਂ ਦੀ ਰੱਖਿਆ ਤੇ ਉਲੰਘਣਾ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਠੋਸ ਕਦਮ ਚੁੱਕੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਹਰੇਕ ਨਾਗਰਿਕ ਨੂੰ ਸੰਵਿਧਾਨ ਮੁਤਾਬਿਕ ਪ੍ਰਾਪਤ ਮੌਲਿਕ ਅਧਿਕਾਰਾਂ ਦੀ ਪੂਰੀ ਸੁਰੱਖਿਆ ਮਿਲੇ ਤੇ ਕਿਸੇ ਨਾਲ ਵੀ ਕੋਈ ਅਨਿਆਂ ਨਾ ਹੋਵੇ | ਕਮਿਸ਼ਨ ਦੇ ਮੈਂਬਰ ਨੇ ਕਿਹਾ ਕਿ ਪਿਛਲੇ ਦਿਨੀਂ ਕਮਿਸ਼ਨ ਵਲੋਂ ਇਕ ਐਡਵਾਈਜ਼ਰੀ ਜਾਰੀ ਕੀਤੀ ਗਈ ਸੀ ਜਿਸ ਵਿਚ ਕਿਹਾ ਗਿਆ ਸੀ ਕਿ ਕੋਈ ਵੀ ਹਸਪਤਾਲ ਮਰੀਜ਼ ਦੀ ਮੌਤ ਤੋਂ ਬਾਅਦ ਸਬੰਧਿਤ ਪਰਿਵਾਰ ਵਲੋਂ ਬਿੱਲ ਨਾ ਦੇਣ ਕਾਰਨ ਮਿ੍ਤਕ ਲਾਸ਼ ਨੂੰ ਹਸਪਤਾਲ 'ਚ ਨਹੀਂ ਰੱਖ ਸਕੇਗਾ ਤੇ ਹਸਪਤਾਲ ਦੇ ਪ੍ਰਬੰਧਕਾਂ ਨੂੰ ਮਿ੍ਤਕ ਦੀ ਲਾਸ਼ ਦੇਣੀ ਲਾਜ਼ਮੀ ਕੀਤੀ ਗਈ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੇ ਕੇਸਾਂ ਵਿਚ ਮਿ੍ਤਕ ਸਰੀਰ ਸਬੰਧਿਤ ਪਰਿਵਾਰ ਨੂੰ ਨਾ ਦੇਣ ਦੇ ਮਾਮਲੇ ਵਿਚ ਪੁਲਿਸ ਕੇਸ ਦਰਜ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਜਾਰੀ ਕੀਤੀ ਐਡਵਾਈਜ਼ਰੀ ਦੇ ਬੋਰਡ ਹਸਪਤਾਲਾਂ 'ਚ ਲਗਾਏ ਜਾਣਗੇ | ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਕਮਿਸ਼ਨ ਵਲੋਂ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਵੀ ਇਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਜਿਸ ਤਹਿਤ ਠੇਕੇਦਾਰਾਂ ਨੂੰ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਉਹ ਸਫ਼ਾਈ ਕਰਮਚਾਰੀਆਂ ਨੂੰ ਦਸਤਾਨੇ, ਕਪੜੇ ਤੇ ਮਾਸਕ ਮੁਹੱਈਆ ਕਰਵਾਉਣ ਤੋਂ ਇਲਾਵਾ ਉਨ੍ਹਾਂ ਦਾ ਬੀਮਾ ਕਰਵਾਉਣ | ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਰੇਕ ਜ਼ਿਲ੍ਹੇ ਵਿਚ 15 ਮੈਂਬਰੀ ਕੋਰ ਗਰੁੱਪ ਬਣਾਇਆ ਜਾ ਰਿਹਾ ਹੈ | ਇਸ ਗਰੁੱਪ ਦੇ ਮੈਂਬਰ ਸਬੰਧਿਤ ਸ਼ਿਕਾਇਤਾਂ ਤੇ ਸਮੱਸਿਆਵਾਂ ਕਮਿਸ਼ਨ ਦੇ ਧਿਆਨ 'ਚ ਲਿਆਉਣਗੇ | ਉਨ੍ਹਾਂ ਕਿਹਾ ਕਿ ਇਹ ਮੈਂਬਰ ਗੈਰ ਸਿਆਸੀ ਹੋਣਗੇ | ਉਨ੍ਹਾਂ ਕਿਹਾ ਕਿ ਜੇਕਰ ਕਿਤੇ ਮਨੁੱਖ ਅਧਿਕਾਰਾਂ ਦਾ ਘਾਣ ਹੁੰਦਾ ਹੈ ਤਾਂ ਇਸ ਸੰਬੰਧੀ ਲਿਖਤੀ ਸ਼ਿਕਾਇਤ ਦੋ ਦਿਨਾਂ ਦੇ ਅੰਦਰ ਅੰਦਰ ਦੇਣੀ ਯਕੀਨੀ ਬਣਾਈ ਜਾਵੇ | ਇਸ ਤੋਂ ਇਲਾਵਾ ਲਿਖਤੀ ਸ਼ਿਕਾਇਤ ਕਮਿਸ਼ਨ ਦੇ ਵਟਸਐਪ ਨੰਬਰ ਜਾਂ ਵੈੱਬਸਾਈਟ 'ਤੇ ਵੀ ਭੇਜੀ ਜਾ ਸਕਦੀ ਹੈ | ਮੀਟਿੰਗ ਵਿਚ ਡਿਪਟੀ ਕਮਿਸ਼ਨਰ ਨੇ ਕਮਿਸ਼ਨਰ ਦੇ ਮੈਂਬਰ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹੇ ਵਿਚ ਮਨੁੱਖੀ ਹੱਕਾਂ ਦੀ ਰਾਖੀ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਇਨਬਿਨ ਯਕੀਨੀ ਬਣਾਈ ਜਾਵੇਗੀ | ਇਸ ਮੌਕੇ ਨਵਨੀਤ ਕੌਰ ਬੱਲ ਵਧੀਕ ਡਿਪਟੀ ਕਮਿਸ਼ਨਰ ਜਨਰਲ, ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ, ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ, ਐੱਸ.ਪੀ. ਗੁਰਮੀਤ ਕੌਰ, ਜੇਲ੍ਹ ਸੁਪਰਡੈਂਟ ਸਿਆਮਲ ਜੋਤੀ, ਸਹਾਇਕ ਕਮਿਸ਼ਨਰ ਵਿਸ਼ਾਲ ਵਟਸ ਤੋਂ ਇਲਾਵਾ ਸਿਹਤ ਸੇਵਾਵਾਂ, ਲੋਕ ਸੰਪਰਕ ਵਿਭਾਗ, ਜਲ ਸਪਲਾਈ, ਨਗਰ ਨਿਗਮਾਂ ਦੇ ਅਧਿਕਾਰੀ, ਬਾਰ ਤੇ ਮੈਡੀਕਲ ਐਸੋਸੀਏਸ਼ਨ ਦੇ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਪਾਵਨ ਨਗਰ ਸੁਲਤਾਨਪੁਰ ਲੋਧੀ 'ਚ ਲੁੱਟ-ਖੋਹ ਦੀ ਵਾਰਦਾਤਾਂ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ 'ਚ 1 ਫਰਵਰੀ ਨੂੰ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।