ਕਪੂਰਥਲਾ, 17 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਮਗਨਰੇਗਾ ਕਰਮਚਾਰੀ ਯੂਨੀਅਨ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਮਦਿੱਤਾ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਯੂਨੀਅਨ ਦੇ ਵੱਖ-ਵੱਖ ਬਲਾਕਾਂ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਨੇ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਗਨਰੇਗਾ ਮੁਲਾਜ਼ਮਾਂ ਦੀਆਂ ਬਿਨ੍ਹਾਂ ਕਾਰਨ ਯੁੱਧ ਨਸ਼ਿਆਂ ਵਿਰੁੱਧ, ਸਰਕਾਰ ਦੀਆਂ ਰੈਲੀਆਂ ਵਿਚ ਜਾਣ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤੇ ਕਿਸਾਨਾਂ ਨੂੰ ਫ਼ਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਸਮੇਤ ਹੋਰ ਕਾਰਜਾਂ 'ਤੇ ਡਿਊਟੀਆਂ ਲਗਾ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਭਵਿੱਖ ਵਿਚ ਮਗਨਰੇਗਾ ਕਰਮਚਾਰੀ ਪੂਰਨ ਤੌਰ 'ਤੇ ਇਨ੍ਹਾਂ ਡਿਊਟੀਆਂ ਦਾ ਬਾਈਕਾਟ ਕਰਨਗੇ | ਮੀਟਿੰਗ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਰਾਮ ਦਿੱਤਾ ਦੀ ਅਗਵਾਈ ਵਿਚ ਮਗਨਰੇਗਾ ਮੁਲਾਜ਼ਮਾਂ ਨੇ ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਨੂੰ ਇਕ ਮੰਗ ਪੱਤਰ ਦਿੱਤਾ | ਜਿਸ ਵਿਚ ਮੰਗ ਕੀਤੀ ਗਈ ਕਿ ਮਗਨਰੇਗਾ ਮੁਲਾਜ਼ਮਾਂ ਦੀਆਂ ਵਾਧੂ ਕੰਮਾਂ ਵਿਚ ਵਾਰ ਵਾਰ ਡਿਊਟੀਆਂ ਨਾ ਲਗਾਈਆਂ ਜਾਣ | ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਯੂਨੀਅਨ ਵਲੋਂ ਬੇਨਤੀ ਕੀਤੀ ਜਾ ਚੁੱਕੀ ਹੈ ਕਿ ਮਗਨਰੇਗਾ ਮੁਲਾਜ਼ਮਾਂ ਦੀਆਂ ਵਾਧੂ ਡਿਊਟੀਆਂ ਨਾ ਲਗਾਈਆਂ ਜਾਣ | ਉਨ੍ਹਾਂ ਕਿਹਾ ਕਿ ਜੇਕਰ ਮੁਲਾਜ਼ਮ ਡਿਊਟੀ ਨਹੀਂ ਦਿੰਦੇ ਤਾਂ ਉਨ੍ਹਾਂ ਨੂੰ ਨੌਕਰੀ ਵਿਚੋਂ ਕੱਢਣ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ, ਜੋ ਸਰਾਸਰ ਗ਼ਲਤ ਹੈ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕਿਹਾ ਕਿ ਮਗਨਰੇਗਾ ਕਰਮਚਾਰੀ ਸਵੇਰੇ 5 ਵਜੇ ਹੀ ਪਿੰਡਾਂ ਵਿਚ ਚਲੇ ਜਾਂਦੇ ਹਨ ਤੇ ਵੱਖ-ਵੱਖ ਡਿਊਟੀਆਂ ਕਰਦੇ ਹਨ, ਪ੍ਰੰਤੂ ਉਨ੍ਹਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਜੇਕਰ ਕਿਸੇ ਮਗਨਰੇਗਾ ਮੁਲਾਜ਼ਮ ਦਾ ਕੋਈ ਜਾਨੀ ਜਾਂ ਮਾਲੀ ਨੁਕਸਾਨ ਹੋਇਆ ਤਾਂ ਉਸ ਦੀ ਸਿੱਧੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ | ਮੰਗ ਪੱਤਰ ਦੇਣ ਮੌਕੇ ਸੁਰਜੀਤ ਕੁਮਾਰ, ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ (ਸਾਰੇ ਜੀ.ਆਰ.ਐਸ.), ਰਘਬੀਰ ਸਿੰਘ, ਵਿਸ਼ਾਲ ਅਰੋੜਾ ਏ.ਪੀ.ਓ. ਕਪੂਰਥਲਾ, ਚਰਨਜੀਤ ਏ.ਪੀ.ਓ. ਸੁਲਤਾਨਪੁਰ ਲੋਧੀ, ਰਜੇਸ਼ ਰਾਏ, ਕਮਲਜੀਤ ਆਦਿ ਯੂਨੀਅਨ ਆਗੂ ਹਾਜ਼ਰ ਸਨ |