ਭੁਲੱਥ, 17 ਫਰਵਰੀ (ਮਨਜੀਤ ਸਿੰਘ ਰਤਨ)-ਸਬ ਡਵੀਜ਼ਨ ਹਸਪਤਾਲ ਭੁਲੱਥ ਵਿਖੇ ਬੱਚਿਆਂ ਦੇ ਮਾਹਿਰ ਡਾਕਟਰ ਕੁਲਵਿੰਦਰ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ ਤੇ ਆਪਣੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ | ਗੱਲਬਾਤ ਦੌਰਾਨ ਡਾਕਟਰ ਸਾਹਿਬ ਨੇ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ | ਬੱਚਿਆਂ ਨੂੰ ਸੰਤੁਲਿਤ ਅਤੇ ਪੌਸ਼ਟਿਕ ਭੋਜਨ ਦੇਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਨੇ ਜੰਕ ਫੂਡ ਤੋਂ ਬੱਚਿਆਂ ਨੂੰ ਦੂਰ ਰੱਖਣ ਅਤੇ ਘਰੇਲੂ ਦੇਸੀ ਖ਼ੁਰਾਕ ਜਿਵੇਂ ਦੁੱਧ, ਦਹੀਂ, ਸਬਜ਼ੀਆਂ ਆਦਿ ਦੇਣ ਦੀ ਸਲਾਹ ਦਿੱਤੀ | ਉਨ੍ਹਾਂ ਦੱਸਿਆ ਕਿ ਫਾਸਟ ਫੂਡ ਦੇ ਵਧਦੇ ਰੁਝਾਨ ਕਾਰਨ ਬੱਚਿਆਂ ਦੀ ਸਹੀ ਗ੍ਰੋਥ ਪ੍ਰਭਾਵਿਤ ਹੋ ਰਹੀ ਹੈ, ਜੇ ਬੱਚਿਆਂ ਨੂੰ ਪੌਸ਼ਟਿਕ ਤੇ ਸੰਤੁਲਿਤ ਆਹਾਰ ਮਿਲੇ ਤਾਂ ਉਨ੍ਹਾਂ ਦੀ ਸਰੀਰਕ ਵਿਕਾਸ ਪ੍ਰਕਿਰਿਆ ਸੁਚੱਜੇ ਢੰਗ ਨਾਲ ਹੋ ਸਕਦੀ ਹੈ | ਡਾ. ਕੁਲਵਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਬੱਚਿਆਂ ਨੂੰ ਖੇਡਾਂ ਨਾਲ ਜੋੜਨਾ ਚਾਹੀਦਾ ਹੈ ਤੇ ਮੋਬਾਈਲ ਗੇਮਾਂ ਤੋਂ ਦੂਰ ਰੱਖਣਾ ਚਾਹੀਦਾ ਹੈ |