ਕਪੂਰਥਲਾ, 19 ਫਰਵਰੀ (ਵਿ.ਪ੍ਰ.)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਤੇ ਭਰਾਤਰੀ ਜਥੇਬੰਦੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਪੁਤਲੇ ਜਲਾ ਕੇ ਰੋਸ ਵਿਖਾਵਾ ਕੀਤਾ | ਇਸ ਮੌਕੇ ਬੋਲਦਿਆਂ ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਤ ਰਾਮ, ਮਾਸਟਰ ਕੇਡਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਕੋਹਲੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ ਤੇ ਮੁਲਾਜ਼ਮਾਂ ਦਾ 16 ਪ੍ਰਤੀਸ਼ਤ ਡੀ.ਏ. ਦਾ ਬਕਾਇਆ ਬਿਨ੍ਹਾਂ ਦੇਰੀ ਜਾਰੀ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰੇਗੀ ਪਰ ਚਾਰ ਵਰ੍ਹੇ ਬੀਤ ਜਾਣ 'ਤੇ ਵੀ ਸਰਕਾਰ ਵਲੋਂ ਪੈਨਸ਼ਨ ਸਕੀਮ ਲਾਗੂ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ ਜਿਸ ਨੂੰ ਲੈ ਕੇ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਬੋਲਦਿਆਂ ਡੀ.ਸੀ. ਦਫ਼ਤਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ, ਪਿ੍ਤਪਾਲ ਸਿੰਘ ਤੇ ਹੋਰ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੀ ਤਾਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਸੀ.ਪੀ.ਐਫ. ਕਰਮਚਾਰੀ ਯੂਨੀਅਨ ਹੋਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬ ਵਿਧਾਨ ਸਭਾ ਦੇ ਫਰਵਰੀ ਮਹੀਨੇ ਵਿਚ ਹੋਣ ਵਾਲੇ ਸੈਸ਼ਨ ਮੌਕੇ ਵਿਧਾਨ ਸਭਾ ਦਾ ਘਿਰਾਓ ਕਰੇਗੀ | ਮੁਲਾਜ਼ਮਾਂ ਨੇ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਕਰੀ ਕਰ ਰਹੇ ਮੁਲਾਜ਼ਮਾਂ 'ਤੇ ਟੈੱਟ ਪਾਸ ਕਰਨ ਸਬੰਧੀ ਜਾਰੀ ਕੀਤਾ ਗਿਆ ਪੱਤਰ ਤੁਰੰਤ ਰੱਦ ਕਰਨ ਦੀ ਮੰਗ ਕੀਤੀ | ਇਸ ਮੌਕੇ ਗੁਲਸ਼ਨ ਕੁਮਾਰ, ਨਿਰਮਲ ਸਿੰਘ, ਪਰਮਿੰਦਰ ਸਿੰਘ, ਤਰਮਿੰਦਰ ਸਿੰਘ ਮੱਲੀ, ਸਰਤਾਜ ਸਿੰਘ, ਜਗਮੋਹਨ ਸਿੰਘ ਜਾਂਗਲਾ, ਗੁਰਮੁਖ ਸਿੰਘ ਬਾਬਾ, ਨਰੇਸ਼ ਕੁਮਾਰ, ਸੰਨੀ ਸਹੋਤਾ, ਸੰਦੀਪ ਸਿੰਘ ਦੁਰਗਾਪੁਰ ਤੇ ਹੋਰ ਆਗੂ ਹਾਜ਼ਰ ਸਨ |