ਕਪੂਰਥਲਾ, 19 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੀਆਂ ਵਿਦਿਆਰਥਣਾਂ ਨੇ ਡਾਇਰੈਕਟਰ ਯੂਥ ਸਰਵਿਸਜ ਪੰਜਾਬ ਵਲੋਂ ਸਥਾਨਕ ਹਿੰਦੂ ਕੰਨਿਆ ਕਾਲਜ ਵਿਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ, ਸਲੋਗਨ ਰਾਈਟਿੰਗ ਤੇ ਪੋਸਟਰ ਬਣਾਉਣ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਾਲਜ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਦੱਸਿਆ ਕਿ ਬੀ.ਏ. ਸਮੈਸਟਰ ਚੌਥਾ ਦੀ ਵਿਦਿਆਰਥਣ ਸੰਦੀਪ ਕੌਰ ਨੇ ਪੋਸਟਰ ਬਣਾਉਣ ਦੇ ਮੁਕਾਬਲੇ ਵਿਚ ਪਹਿਲਾ ਤੇ ਕਿਰਨਜੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲਿਆਂ ਨਾਲ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਹੁੰਦਾ ਤੇ ਭਵਿੱਖ ਵਿਚ ਵੀ ਉਨ੍ਹਾਂ ਦੇ ਕਾਲਜ ਦੇ ਵਿਦਿਆਰਥੀ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਪੂਰੇ ਉਤਸ਼ਾਹ ਨਾਲ ਭਾਗ ਲੈਣਗੇ | ਕਾਲਜ ਦੇ ਵਿਗਿਆਨ ਵਿਭਾਗ ਦੀ ਮੁਖੀ ਡਾ. ਪਰਮਜੀਤ ਕੌਰ ਨੇ ਕਿਹਾ ਕਿ ਰੈੱਡ ਰੀਬਨ ਕਲੱਬ ਵਲੋਂ ਕਰਵਾਏ ਜਾਂਦੇ ਮੁਕਾਬਲੇ ਵਿਦਿਆਰਥੀਆਂ ਵਿਚ ਆਤਮਵਿਸ਼ਵਾਸ ਦੀ ਭਾਵਨਾ ਪੈਦਾ ਕਰਦੇ ਹਨ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫ਼ਲਤਾ ਉਨ੍ਹਾਂ ਦੀ ਮਿਹਨਤ ਤੇ ਸਮਰਪਣ ਦਾ ਨਤੀਜਾ ਹੈ | ਇਸੇ ਦੌਰਾਨ ਹੀ ਅਧਿਆਪਕਾ ਸੋਨੀਆ ਤੇ ਕਾਲਜ ਦੇ ਹੋਰ ਸਟਾਫ਼ ਮੈਂਬਰਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ |