ਸੁਲਤਾਨਪੁਰ ਲੋਧੀ, 1 ਅਪ੍ਰੈਲ (ਨਰੇਸ਼ ਹੈਪੀ)-ਸੁਲਤਾਨਪੁਰ ਲੋਧੀ ਦੀ ਅਨਾਜ ਮੰਡੀ ਵਿਚ ਅੱਜ ਆੜ੍ਹਤੀਆਂ ਐਸੋਸੀਏਸ਼ਨ ਦੇ ਸੱਦੇ ਤੋਂ ਬਾਅਦ ਪੂਰੀ ਮੰਡੀ ਬੰਦ ਰਹੀ ਅਤੇ ਕਣਕ ਦੀ ਖ਼ਰੀਦ ਸ਼ੁਰੂ ਨਹੀਂ ਹੋ ਸਕੀ | ਹੜਤਾਲ ਕਾਰਨ ਮੰਡੀ ਸੁੰਨਸਾਨ ਹੋ ਗਈ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ | ਇਸ ਸਮੇਂ ਦੌਰਾਨ ਆੜ੍ਹਤੀਆਂ ਆਗੂਆਂ ਨੇ ਇੱਕ ਸੰਯੁਕਤ ਪੈੱ੍ਰਸ ਕਾਨਫ਼ਰੰਸ ਕਰਕੇ ਕੇਂਦਰ ਸਰਕਾਰ ਵਿਰੁੱਧ ਆਪਣਾ ਗੁੱਸਾ ਕੱਢਿਆ | ਉਨ੍ਹਾਂ ਨੇ ਸਰਕਾਰ ਦੇ ਫ਼ੈਸਲੇ ਨੂੰ Uਕਮਿਸ਼ਨ ਏਜੰਟਾਂ 'ਤੇ ਸਿੱਧਾ ਮਜ਼ਾਕU ਕਰਾਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ | ਆੜ੍ਹਤੀ ਆਗੂਆਂ ਸਤਪਾਲ ਮਦਾਨ, ਬਲਦੇਵ ਸਿੰਘ ਮੰਗਾ, ਸਤਪਾਲ ਮਨਚੰਦਾ, ਨੀਰਜ ਭਨੋਟ ਅਤੇ ਰਾਮ ਸਿੰਘ ਸਰਪੰਚ ਨੇ ਸਾਂਝੇ ਤੌਰ 'ਤੇ ਕਿਹਾ ਕਿ ਮਾਰਕੀਟ ਕਮੇਟੀ ਐਕਟ ਦੇ ਅਨੁਸਾਰ ਉਨ੍ਹਾਂ ਨੂੰ 2.5 ਫ਼ੀਸਦੀ ਕਮਿਸ਼ਨ ਮਿਲਣਾ ਚਾਹੀਦਾ ਹੈ ਪਰ ਇਸ ਵੇਲੇ ਉਨ੍ਹਾਂ ਨੂੰ ਸਿਰਫ਼ 46 ਰੁਪਏ ਦਾ ਕਮਿਸ਼ਨ ਮਿਲ ਰਿਹਾ ਹੈ | ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਸਿਰਫ਼ 4 ਰੁਪਏ ਦਾ ਮਾਮੂਲੀ ਵਾਧਾ ਕੀਤਾ ਹੈ, ਜੋ ਕਿ ਉਨ੍ਹਾਂ ਨਾਲ ਇੱਕ 'ਮਜ਼ਾਕ' ਹੈ ਅਤੇ ਉਨ੍ਹਾਂ ਦੇ ਖ਼ਰਚਿਆਂ ਨੂੰ ਪੂਰਾ ਕਰਨ ਲਈ ਵੀ ਕਾਫ਼ੀ ਨਹੀਂ ਹੈ | ਇਸ ਮੰਗ ਸਬੰਧੀ, ਉਨ੍ਹਾਂ ਨੇ ਮਾਰਕੀਟ ਕਮੇਟੀ ਦੇ ਚੇਅਰਮੈਨ ਨੂੰ ਇੱਕ ਮੰਗ ਪੱਤਰ ਸੌਂਪਿਆ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਤੱਕ ਉਨ੍ਹਾਂ ਦੀ ਆਵਾਜ਼ ਪਹੁੰਚਾਉਣ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਨਹੀਂ ਮੰਨਦੀ ਤਾਂ ਉਹ ਕਣਕ ਦੀ ਖ਼ਰੀਦ ਪੂਰੀ ਤਰ੍ਹਾਂ ਬੰਦ ਕਰ ਦੇਣਗੇ ਅਤੇ ਮੰਡੀ ਅਣਮਿਥੇ ਸਮੇਂ ਲਈ ਬੰਦ ਰੱਖਣਗੇ | ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਉਨ੍ਹਾਂ ਨੂੰ ਆਪਣੇ ਹੱਕ ਮਿਲਣ ਤੱਕ ਜਾਰੀ ਰਹੇਗਾ | ਇਸ ਹੜਤਾਲ ਦਾ ਸਿੱਧਾ ਅਸਰ ਕਿਸਾਨਾਂ ਅਤੇ ਵਪਾਰੀਆਂ 'ਤੇ ਪਿਆ ਹੈ | ਮੰਡੀ ਬੰਦ ਹੋਣ ਕਾਰਨ ਕਿਸਾਨ ਆਪਣੀ ਫ਼ਸਲ ਵੇਚਣ ਲਈ ਸੰਘਰਸ਼ ਕਰ ਰਹੇ ਸਨ, ਜਿਸ ਨਾਲ ਇਲਾਕੇ ਵਿਚ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ ਹੈ |