ਢਿੱਲਵਾਂ/ਭੰਡਾਲ ਬੇਟ, 1 ਅਪ੍ਰੈਲ (ਗੋਬਿੰਦ ਸੁਖੀਜਾ, ਜੋਗਿੰਦਰ ਸਿੰਘ ਜਾਤੀਕੇ)-ਪੰਚਾਇਤ ਸੰਮਤੀ ਦਫ਼ਤਰ ਢਿੱਲਵਾਂ ਵਿਖੇ ਅੱਜ ਬਲਾਕ ਸੰਮਤੀ ਜ਼ੋਨ ਫੱਤੂਢੀਂਗਾ ਦੇ ਚੇਅਰਮੈਨ ਦੀ ਚੋਣ ਮੌਕੇ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ ਜਦੋਂ ਸੁਲਤਾਨਪੁਰ ਲੋਧੀ ਹਲਕੇ ਦੇ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਤੇ ਆਮ ਆਦਮੀ ਪਾਰਟੀ ਦੇ ਵਰਕਰ ਚੋਣ ਪ੍ਰਕਿਰਿਆ ਨੂੰ ਲੈ ਕੇ ਆਹਮੋ-ਸਾਹਮਣੇ ਹੋ ਗਏ | ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਜੰਮ ਕੇ ਬਹਿਸਬਾਜ਼ੀ ਹੋਈ ਅਤੇ ਰੋਹ ਵਿਚ ਆਏ ਵਰਕਰਾਂ ਵੱਲੋਂ ਇੱਕ-ਦੂਜੇ ਨਾਲ ਧੱਕਾਮੁੱਕੀ ਕੀਤੀ ਗਈ ਅਤੇ ਮੌਕੇ 'ਤੇ ਗੋਲੀ ਤੱਕ ਚੱਲ ਗਈ ਤੇ ਇਸ ਦੌਰਾਨ ਕਈਆਂ ਦੀਆਂ ਪੱਗਾਂ ਵੀ ਲੱਥ ਗਈਆਂ | ਮਾਹੌਲ ਵਿਗੜਦਾ ਦੇਖ ਐਸ.ਡੀ.ਐਮ. ਮੇਜਰ ਡਾ. ਇਰਵਿਨ ਕੌਰ ਵਲੋਂ ਤੁਰੰਤ ਕਾਰਵਾਈ ਕਰਦਿਆਂ ਚੋਣ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਲਿਆ | ਇਸ ਮੌਕੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਹੋਣ ਦੇ ਬਾਵਜੂਦ ਪੁਲਿਸ ਮੂਕ ਦਰਸ਼ਕ ਬਣ ਕੇ ਤਮਾਸ਼ਾ ਦੇਖਦੀ ਰਹੀ | ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸੱਤਾਧਾਰੀ ਧਿਰ 'ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਸ਼ਰੇਆਮ ਧੱਕੇਸ਼ਾਹੀ ਕਰ ਰਹੀ ਹੈ ਅਤੇ ਉਨ੍ਹਾਂ ਕੋਲ ਮੈਂਬਰਾਂ ਦਾ ਬਹੁਮਤ ਹੋਣ ਦੇ ਬਾਵਜੂਦ ਸਿਆਸੀ ਦਬਾਅ ਹੇਠ ਚੋਣ ਨਹੀਂ ਹੋਣ ਦਿੱਤੀ ਜਾ ਰਹੀ ਤੇ ਉਨ੍ਹਾਂ ਦੇ ਮੈਂਬਰਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ | ਦੂਜੇ ਪਾਸੇ ਮੌਕੇ ਤੇ ਪੁੱਜੇ ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਮੌਕੇ 'ਤੇ ਪਹੁੰਚ ਕੇ ਵਿਧਾਇਕ ਦੇ ਇਨ੍ਹਾਂ ਇਲਜ਼ਾਮਾਂ ਨੂੰ ਨਕਾਰਦਿਆਂ ਸਥਿਤੀ ਲਈ ਵਿਰੋਧੀ ਧਿਰ ਨੂੰ ਜ਼ਿੰਮੇਵਾਰ ਠਹਿਰਾਇਆ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ. ਹਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਦੋਵਾਂ ਧਿਰਾਂ ਦੀ ਹੁੱਲੜਬਾਜ਼ੀ ਕਾਰਨ ਚੋਣ ਮੁਲਤਵੀ ਕੀਤੀ ਗਈ ਹੈ ਤੇ ਉਨ੍ਹਾਂ ਨੂੰ ਮੀਡੀਆ ਅਤੇ ਲੋਕਾਂ ਤੋਂ ਜਾਣਕਾਰੀ ਮਿਲੀ ਹੈ ਕੇ ਗੋਲ਼ੀ ਚੱਲੀ ਹੈ, ਪੁਲਿਸ ਵੱਲੋਂ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਜਾਂਚ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
ਇਸ ਮਾਮਲੇ ਸਬੰਧੀ ਜਦੋਂ ਥਾਣਾ ਢਿਲਵਾਂ ਦੇ ਐਸ.ਐਚ.ਓ. ਦਲਵਿੰਦਰਬੀਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਬਲਾਕ ਸੰਮਤੀ ਚੇਅਰਮੈਨ ਤੇ ਉਪ ਚੇਅਰਮੈਨ ਦੀ ਚੋਣ ਦੌਰਾਨ ਬੀ.ਡੀ.ਪੀ.ਓ. ਦਫ਼ਤਰ ਢਿਲਵਾਂ ਦੇ ਬਾਹਰ ਕੁੱਝ ਰਾਜਨੀਤਿਕ ਪਾਰਟੀਆਂ ਅਤੇ ਆਜ਼ਾਦ ਉਮੀਦਵਾਰ ਦੇ ਆਗੂ ਤੇ ਵਰਕਰ ਕਿਸੇ ਗੱਲ ਨੂੰ ਲੈ ਕੇ ਆਪਸ ਵਿਚ ਉਲਝ ਗਏ ਅਤੇ ਮੌਕੇ 'ਤੇ ਪੁਲਿਸ ਪਾਰਟੀ ਨੇ ਦੋਵਾਂ ਧਿਰਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ | ਇਸ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਹਵਾਈ ਫਾਇਰ ਕਰ ਦਿੱਤਾ, ਜਿਸ ਕਾਰਨ ਹਫ਼ੜਾ ਦਫੜੀ ਮੱਚ ਗਈ | ਉਨ੍ਹਾਂ ਦੱਸਿਆ ਕਿ ਥਾਣਾ ਢਿਲਵਾਂ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ |
ਢਿੱਲਵਾਂ ਵਿਖੇ ਬਲਾਕ ਸੰਮਤੀ ਚੇਅਰਮੈਨ ਤੇ ਉਪ ਚੇਅਰਮੈਨ ਦੀ ਚੋਣ ਦੌਰਾਨ ਹੰਗਾਮਾ <br/>
ਅਜੀਤ ਡੈਸਕ
02-04-2026