ਕਪੂਰਥਲਾ, 14 ਅਪ੍ਰੈਲ (ਅਮਰਜੀਤ ਕੋਮਲ)-ਨਗਰ ਨਿਗਮ ਕਪੂਰਥਲਾ ਦੀਆਂ ਵੋਟਰ ਸੂਚੀਆਂ ਦੀ ਤਿਆਰੀ ਤੇ ਸੁਧਾਈ ਸਬੰਧੀ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਵਲੋਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ ਵੋਟਰ ਸੂਚੀਆਂ ਦੀ ਪ੍ਰਕਾਸ਼ਨਾਂ 15 ਅਪ੍ਰੈਲ ਨੂੰ ਜ਼ਿਲ੍ਹੇ ਦੀ ਵੈੱਬ ਸਾਈਟ 'ਤੇ ਉਪਲਬਧ ਕਰਵਾਈ ਜਾਵੇਗੀ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ ਸੂਚੀ ਦੇ ਦਾਅਵੇ ਤੇ ਇਤਰਾਜ਼ 17 ਅਪ੍ਰੈਲ ਤੋਂ 23 ਅਪ੍ਰੈਲ ਤੱਕ ਦਰਜ ਕਰਵਾਏ ਜਾ ਸਕਣਗੇ ਤੇ ਵੋਟਰਾਂ ਦੀ ਸਹੂਲਤ ਲਈ 20 ਤੇ 21 ਅਪ੍ਰੈਲ ਨੂੰ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਕੈਂਪ ਲਗਾਏ ਜਾਣਗੇ | ਉਨ੍ਹਾਂ ਕਿਹਾ ਕਿ ਦਾਅਵੇ ਤੇ ਇਤਰਾਜ਼ਾਂ ਦਾ ਨਿਪਟਾਰਾ 30 ਅਪ੍ਰੈਲ ਤੱਕ ਮੁਕੰਮਲ ਕਰਕੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ 5 ਮਈ ਨੂੰ ਕੀਤੀ ਜਾਵੇਗੀ | ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ 23 ਅਪ੍ਰੈਲ ਤੱਕ 18 ਸਾਲ ਦੀ ਉਮਰ ਪੂਰੀ ਕਰਦਾ ਹੈ ਤਾਂ ਉਹ ਆਪਣਾ ਨਾਂਅ ਵੋਟਰ ਸੂਚੀ ਵਿਚ ਦਰਜ ਕਰਵਾਉਣ ਦੇ ਯੋਗ ਹੋਵੇਗਾ | ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੇ ਦਾਅਵੇ ਤੇ ਇਤਰਾਜ਼ ਕਰਨ ਲਈ ਫਾਰਮ ਨੰਬਰ 7, 8 ਤੇ 9 ਐਸ.ਡੀ.ਐਮ. ਕਮ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਤੋਂ ਜਾਂ ਪੰਜਾਬ ਰਾਜ ਚੋਣ ਕਮਿਸ਼ਨ ਦੀ ਵੈੱਬਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ |