ਸੁਲਤਾਨਪੁਰ ਲੋਧੀ, 7 ਮਈ (ਨਰੇਸ਼ ਹੈਪੀ)-ਨਗਰ ਕੌਂਸਲ ਸੁਲਤਾਨਪੁਰ ਲੋਧੀ ਵਿਖੇ ਸਫ਼ਾਈ ਸੇਵਕ ਯੂਨੀਅਨ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਅਤੇ ਨਗਰ ਕੌਂਸਲ ਕੰਪਲੈਕਸ ਵਿਖੇ ਰੋਸ ਧਰਨਾ ਦਿੱਤਾ | ਉਹਨਾਂ ਇਸ ਮੌਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਸਫ਼ਾਈ ਸੇਵਕ ਯੂਨੀਅਨ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸੰਜੀਵ ਘਈ ਨੇ ਦੱਸਿਆ ਕਿ ਪੰਜਾਬ ਸਰਕਾਰ ਪਿਛਲੇ ਕਈ ਸਾਲਾਂ ਤੋਂ ਸਫ਼ਾਈ ਕਰਮਚਾਰੀਆਂ ਦੇ ਨਾਲ ਸਿਰਫ਼ ਵਾਅਦੇ ਹੀ ਕਰ ਰਹੀ ਹੈ ਅਤੇ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਨਜ਼ਰ ਅੰਦਾਜ਼ ਕਰ ਰਹੀ ਹੈ | ਉਹਨਾਂ ਦੱਸਿਆ ਕਿ ਸਫ਼ਾਈ ਕਰਮਚਾਰੀ ਲੰਬੇ ਸਮੇਂ ਤੋਂ ਡੀਸੀ ਰੇਟ ਤੇ ਕੰਮ ਕਰ ਰਹੇ ਹਨ ਲੇਕਿਨ ਸਰਕਾਰ ਉਹਨਾਂ ਨੂੰ ਪੱਕੇ ਕਰਨ ਨੂੰ ਤਿਆਰ ਨਹੀਂ ਹੈ | ਉਹਨਾਂ ਕਿਹਾ ਕਿ ਕਰੋਨਾ ਕਾਲ ਦੌਰਾਨ ਭਿਆਨਕ ਮਹਾਂਮਾਰੀ ਵਿਚ ਸਫ਼ਾਈ ਕਰਮਚਾਰੀਆਂ ਨੇ ਆਪਣੀ ਜਾਨ ਨੂੰ ਖ਼ਤਰੇ ਵਿਚ ਪਾ ਕੇ ਸ਼ਹਿਰ ਨੂੰ ਸਾਫ਼ ਰੱਖਣ ਦੀ ਜ਼ਿੰਮੇਵਾਰੀ ਨਿਭਾਈ ਅਤੇ ਬਦਲੇ ਵਿਚ ਉਹਨਾਂ ਨੂੰ ਸਿਰਫ਼ ਤਸੱਲੀ ਹੀ ਮਿਲੀ | ਉਨ੍ਹਾਂ ਦੋਸ਼ ਲਗਾਇਆ ਕਿ ਠੇਕੇਦਾਰੀ ਪ੍ਰਣਾਲੀ ਦੇ ਰਾਹੀਂ ਸਫ਼ਾਈ ਕਰਮਚਾਰੀਆਂ ਦਾ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ | ਉਹਨਾਂ ਕਿਹਾ ਕਿ ਨਵੀਂ ਭਰਤੀ ਬੰਦ ਹੋਣ ਦੇ ਕਾਰਨ ਮੌਜੂਦਾ ਕਰਮਚਾਰੀਆਂ ਤੇ ਵਾਧੂ ਕੰਮ ਦਾ ਬੋਝ ਪਾਇਆ ਜਾ ਰਿਹਾ ਹੈ ਜਿਸ ਨਾਲ ਉਹ ਮਾਨਸਿਕ ਦਬਾਅ ਹੇਠ ਕੰਮ ਕਰਨ ਲਈ ਮਜਬੂਰ ਹਨ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਅਤੇ ਕੱਚੇ ਕਰਮਚਾਰੀਆਂ ਨੂੰ ਪੱਕਾ ਨਾ ਕੀਤਾ ਤਾਂ ਹੜਤਾਲ ਲਗਾਤਾਰ ਜਾਰੀ ਰਹੇਗੀ | ਇਸ ਮੌਕੇ ਕਿਸੇ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਵੀ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ ਅਤੇ ਸੂਬਾਈ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਨੇ ਸਫ਼ਾਈ ਕਰਮੀਆਂ ਦੀਆਂ ਮੰਗਾਂ ਦਾ ਸਮਰਥਨ ਕੀਤਾ |