ਕਪੂਰਥਲਾ, 7 ਮਈ (ਵਿਸ਼ੇਸ਼ ਪ੍ਰਤੀਨਿਧ)-ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਦੇ ਦੋ ਵਿਦਿਆਰਥੀਆਂ ਨੇ ਸਹੋਦਿਆ ਅੰਤਰ ਸਕੂਲ ਡਿਜੀਟਲ ਸਟੋਰੀ ਟੈਿਲੰਗ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇੱਥੇ ਵਰਨਣਯੋਗ ਹੈ ਕਿ ਇਸ ਮੁਕਾਬਲੇ ਵਿਚ ਸਹੋਦਿਆ ਨਾਲ ਸਬੰਧਿਤ 14 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਸੀ ਤੇ ਜੀ.ਡੀ. ਗੋਇਨਕਾ ਸਕੂਲ ਦੀ ਮਨਵੀਨ ਕੌਰ ਮੁੱਤੀ ਤੇ ਅੰਸ਼ ਸੈਣੀ ਨੇ ਸੋਸ਼ਲ ਮੀਡੀਆ ਦੀ ਮਹੱਤਤਾ, ਉਸ ਦੇ ਪ੍ਰਭਾਵ ਅਤੇ ਉਸ ਦੀ ਦੁਰਵਰਤੋਂ ਸਬੰਧੀ ਬਹੁਤ ਹੀ ਬਾਖ਼ੂਬੀ ਨਾਲ ਪਾਵਰ ਪੁਆਇੰਟ ਪ੍ਰੈਜ਼ਨਟੇਸ਼ਨ ਦੁਆਰਾ ਕਹਾਣੀ ਰੂਪ ਵਿਚ ਪੇਸ਼ ਕੀਤਾ | ਉਨ੍ਹਾਂ ਦੀ ਪੇਸ਼ਕਾਰੀ ਤੋਂ ਬਾਅਦ ਜੱਜ ਸਾਹਿਬਾਨ ਨੇ ਉਨ੍ਹਾਂ ਨੂੰ ਕਈ ਸਵਾਲ ਪੁੱਛੇ, ਜਿਨ੍ਹਾਂ ਦੇ ਉਨ੍ਹਾਂ ਨੇ ਤਸੱਲੀਬਖ਼ਸ਼ ਢੰਗ ਨਾਲ ਜਵਾਬ ਦਿੱਤੇ | ਸਕੂਲ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ, ਸਕੱਤਰ ਪਰਮਿੰਦਰ ਕੌਰ ਨੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਇਹ ਸਭ ਕੁੱਝ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਤੇ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਸੰਭਵ ਹੋਇਆ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਹੋਰ ਮਿਹਨਤ ਕਰਕੇ ਉੱਚੇ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ |