ਫਗਵਾੜਾ, 7 ਮਈ (ਹਰਜੋਤ ਸਿੰਘ ਚਾਨਾ)-ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ਦੁਆਰਾ ਪ੍ਰਕਾਸ਼ਿਤ ਜਨਗਣਨਾ ਨਾਲ ਸਬੰਧਿਤ ਇੱਕ ਸਰਕਾਰੀ ਦਸਤਾਵੇਜ਼ 'ਚ ਅਪਮਾਨਜਨਕ ਤੇ ਗੈਰ ਸੰਵਿਧਾਨਕ ਭਾਸ਼ਾ ਦੀ ਵਰਤੋਂ ਦੀ ਸਖ਼ਤ ਨਿੰਦਾ ਕੀਤੀ ਹੈ | ਅਜਿਹੀ ਭਾਸ਼ਾ ਦਲਿਤ ਭਾਈਚਾਰੇ ਦੇ ਮਾਣ 'ਤੇ ਸਿੱਧਾ ਹਮਲਾ ਹੈ | ਉਨ੍ਹਾਂ ਕਿਹਾ ਕਿ ਇਸ ਫ਼ਾਰਮ 'ਚ ਅਪਮਾਨਜਨਕ ਭਾਸ਼ਾ ਦੀ ਵਰਤੋਂ ਲਈ ਕੇਂਦਰ ਤੇ ਰਾਜ 'ਚ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਜ਼ਿੰਮੇਵਾਰ ਹਨ | ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੂੰ ਇਸ ਗਲਤੀ ਨੂੰ ਸੁਧਾਰਨ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ | ਇਸ ਫ਼ਾਰਮ ਨੂੰ ਤਿਆਰ ਕਰਨ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਪਛਾਣ ਕਰਨੀ ਚਾਹੀਦੀ ਹੈ ਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ | ਇਹ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਅਜਿਹੀਆਂ ਗਲਤੀਆਂ ਦੁਬਾਰਾ ਨਾ ਹੋਣ | ਧਾਲੀਵਾਲ ਨੇ ਕਿਹਾ ਕਿ ਸਰਕਾਰੀ ਫ਼ਾਰਮ 'ਤੇ ਅਜਿਹੀ ਭਾਸ਼ਾ ਬਹੁਤ ਚਿੰਤਾਜਨਕ ਤੇ ਅਸਵੀਕਾਰਨਯੋਗ ਹੈ | ਉਨ੍ਹਾਂ ਕਿਹਾ ਕਿ ਭਾਰਤ ਦੀ ਸੁਪਰੀਮ ਕੋਰਟ ਨੇ ਅਜਿਹੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਨੂੰ ਸਪਸ਼ਟ ਤੌਰ 'ਤੇ ਨਾ ਮਨਜ਼ੂਰ ਕੀਤਾ ਹੈ | ਇਹ ਘਟਨਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੇ ਕੰਮਕਾਜ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ |