ਸੁਲਤਾਨਪੁਰ ਲੋਧੀ, 7 ਮਈ (ਨਰੇਸ਼ ਹੈਪੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਸੁਲਤਾਨਪੁਰ ਦੀ ਅਹਿਮ ਮੀਟਿੰਗ ਗੁਰਦੁਆਰਾ ਬਿਧੀ ਚੰਦ ਸੁਲਤਾਨਪੁਰ ਲੋਧੀ ਵਿਖੇ ਜ਼ੋਨ ਸੁਲਤਾਨਪੁਰ ਦੇ ਪ੍ਰਧਾਨ ਮਲਕੀਤ ਸਿੰਘ ਫੱਤੋਵਾਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਵਿਸ਼ੇਸ਼ ਤੌਰ 'ਤੇ ਪੁੱਜੇ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਸਬੰਧੀ ਹਾਲੇ ਤੱਕ ਕਿਸਾਨਾਂ ਨੂੰ ਮੁਆਵਜ਼ੇ ਨਹੀਂ ਦਿੱਤੇ ਗਏ ਹਾਲੇ ਵੀ 70 ਪ੍ਰਤਿਸ਼ਤ ਲੋਕ ਮੁਆਵਜ਼ੇ ਦੀ ਉਡੀਕ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਜਲਦੀ ਹੀ ਮੁਆਵਜ਼ੇ ਸਬੰਧੀ ਕੋਈ ਕਾਰਵਾਈ ਨਾ ਕੀਤੀ ਤਾਂ ਐੱਸ ਡੀ ਐੱਮ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ | ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾਂ ਵਿਚ ਕਿਸੇ ਵੀ ਹਾਲਤ ਵਿਚ ਚਿੱਪ ਵਾਲੇ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ ਅਤੇ ਜੇਕਰ ਕੋਈ ਕਰਮਚਾਰੀ ਧੱਕੇਸ਼ਾਹੀ ਕਰਦਾ ਹੈ ਤਾਂ ਉਸਦਾ ਡੱਟ ਕੇ ਜਵਾਬ ਦਿੱਤਾ ਜਾਵੇਗਾ | ਮੀਟਿੰਗ ਵਿਚ ਸਕੱਤਰ ਚੈਂਚਲ ਸਿੰਘ, ਖ਼ਜ਼ਾਨਚੀ ਸਤਨਾਮ ਸਿੰਘ, ਹਰਦੀਪ ਸਿੰਘ ਬਾਊਪੁਰ, ਅੰਗਰੇਜ਼ ਸਿੰਘ ਸ਼ੇਰਪੁਰ ਡੋਗਰਾ, ਤਰਸੇਮ ਸਿੰਘ, ਸੁਖਵਿੰਦਰ ਕੌਰ, ਗੁਰਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ |