ਮੰਗਾਂ ਨੂੰ ਲੈ ਕੇ ਨੰਬਰਦਾਰ ਯੂਨੀਅਨ ਨੇ ਸੁਖਪਾਲ ਸਿੰਘ ਖਹਿਰਾ ਦੇ ਸਿਆਸੀ ਸਕੱਤਰ ਕਰਨਦੀਪ ਸਿੰਘ ਨੂੰ ਸੌਂਪਿਆ ਮੰਗ ਪੱਤਰ
ਭੁਲੱਥ, 9 ਅਗਸਤ (ਮਨਜੀਤ ਸਿੰਘ ਰਤਨ)-ਨੰਬਰਦਾਰ ਯੂਨੀਅਨ 643 ਰਜਿ. ਸਮਰਾ ਗਰੁੱਪ ਦੇ ਆਗੂਆਂ ਵੱਲੋਂ ਹਲਕਾ ਭੁਲੱਥ ਦੇ ਵਿਧਾਇਕ ਸ੍ਰੀ ਸੁਖਪਾਲ ਸਿੰਘ ਖਹਿਰਾ ਦੇ ਸਿਆਸੀ ਸਕੱਤਰ ਕਰਨਦੀਪ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ | ਮੰਗ ਪੱਤਰ ਵਿਚ ਆਗੂਆਂ ਨੇ ਮੰਗ ਕੀਤੀ ਕਿ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਨੰਬਰਦਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਸਰਕਾਰ ਦੇ ਧਿਆਨ ਵਿਚ ਲਿਆਂਦਾ ਜਾਵੇ ਅਤੇ ਇਨ੍ਹਾਂ ਨੂੰ ਜਲਦ ਅਮਲੀ ਜਾਮਾ ਪਹਿਨਾਇਆ ਜਾਵੇ | ਯੂਨੀਅਨ ਵੱਲੋਂ ਸੌਂਪੇ ਮੰਗ ਪੱਤਰ ਵਿਚ ਨੰਬਰਦਾਰਾਂ ਦਾ ਮਾਣ-ਭੱਤਾ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ, ਜੱਦੀ-ਪੁਸ਼ਤੀ ਨੰਬਰਦਾਰੀ ਲਾਗੂ ਕਰਨ ਅਤੇ ਟੋਲ ਪਲਾਜ਼ਿਆਂ ‘ਤੇ ਨੰਬਰਦਾਰਾਂ ਨੂੰ ਰਾਹਤ ਸਮੇਤ ਹੋਰ ਮੰਗਾਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਗਿਆ | ਇਸ ਮੌਕੇ ਤੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਲ 2022 ਵਿਚ ਨੰਬਰਦਾਰਾਂ ਨਾਲ ਮਾਣ-ਭੱਤਾ ਦੁੱਗਣਾ ਕਰਨ ਅਤੇ ਨੰਬਰਦਾਰੀ ਜੱਦੀ-ਪੁਸ਼ਤੀ ਕਰਨ ਦੇ ਵਾਅਦੇ ਕੀਤੇ ਗਏ ਸਨ | ਉਨ੍ਹਾਂ ਕਿਹਾ ਕਿ ਸਰਕਾਰ ਦੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਇਹ ਮੰਗਾਂ ਅਜੇ ਤੱਕ ਲਾਗੂ ਨਹੀਂ ਹੋਈਆਂ, ਜਿਸ ਕਾਰਨ ਨੰਬਰਦਾਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਨੰਬਰਦਾਰਾਂ ਦੀਆਂ ਮੰਗਾਂ ਨੂੰ ਜਲਦ ਪ੍ਰਵਾਨ ਕਰਕੇ ਲਾਗੂ ਨਾ ਕੀਤਾ ਗਿਆ ਤਾਂ ਯੂਨੀਅਨ ਵੱਲੋਂ ਸੰਘਰਸ਼ ਨੂੰ ਪੰਜਾਬ ਪੱਧਰ ‘ਤੇ ਹੋਰ ਤਿੱਖਾ ਕੀਤਾ ਜਾਵੇਗਾ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਆਉਣ ਵਾਲੇ ਦਿਨਾਂ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਜਾਂ ਚੰਡੀਗੜ੍ਹ ਵਿਖੇ ਪੰਜਾਬ ਪੱਧਰੀ ਰੈਲੀ ਕਰਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਦਾਰ ਬਲਰਾਜ ਸਿੰਘ ਮਾਣ, ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ, ਤਹਿਸੀਲ ਪ੍ਰਧਾਨ ਸੁਲਤਾਨਪੁਰ ਲੋਧੀ ਸਾਹਿਬ ਸਿੰਘ ਭੁੱਲਰ, ਜ਼ਿਲ੍ਹਾ ਵਾਇਸ ਪ੍ਰਧਾਨ ਮੰਗਲ ਸਿੰਘ ਭੱਟੀ, ਜਨਰਲ ਸਕੱਤਰ ਨੰਬਰਦਾਰ ਯੂਨੀਅਨ ਸੁਲਤਾਨਪੁਰ ਲੋਧੀ ਕੁਲਦੀਪ ਸਿੰਘ ਸਾਗਰਾ ਅਤੇ ਖ਼ਜ਼ਾਨਚੀ ਅਮਰਜੀਤ ਸਿੰਘ ਫ਼ੌਜੀ, ਨੰਬਰਦਾਰ ਸੁਖਦੇਵ ਸਿੰਘ ਕਬੀਰਪੁਰ, ਭੁਪਿੰਦਰ ਸਿੰਘ ਧਾਲੀਵਾਲ, ਸੰਤੋਖ ਸਿੰਘ ਧਾਲੀਵਾਲ, ਅਵਤਾਰ ਸਿੰਘ ਭੱਡੇ, ਸੰਤੋਖ ਸਿੰਘ ਮੱਲੀ, ਸੁਖਜਿੰਦਰ ਸਿੰਘ ਕਬੀਰਪੁਰ, ਵਾਇਸ ਜਨਰਲ ਸਕੱਤਰ ਸੁਖਰਾਜ ਸਿੰਘ ਸ਼ੇਖ ਅਤੇ ਮੰਗਾ ਸਿੰਘ ਸਮੇਤ ਹੋਰ ਨੰਬਰਦਾਰ ਹਾਜ਼ਰ ਸਨ |