13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਜਾਣ ਵਾਲੀ ਮੁੱਖ ਸੜਕ ਦੀ ਕਈ ਥਾਵਾਂ ਤੋਂ ਹਾਲਤ ਹੋਈ ਖ਼ਸਤਾ, ਸੰਗਤਾਂ ਵਿਚ ਰੋਸ

ਸੁਲਤਾਨਪੁਰ ਲੋਧੀ, 12 ਅਗਸਤ (ਪ. ਪ.)

ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਜਾਣ ਵਾਲੀ ਮੁੱਖ ਸੜਕ ਦੇ ਖ਼ਸਤਾ ਹਾਲਤ ਬਾਰੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਅਕਾਲੀ ਆਗੂ ਜਥੇ. ਕੁਲਦੀਪ ਸਿੰਘ ਬੂਲੇ ਅਤੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ | ਤਸਵੀਰ. ਲਾਡੀ ਸਟੂਡੀਓ 13-08-2026
ਸੁਲਤਾਨਪੁਰ ਲੋਧੀ, 12 ਅਗਸਤ (ਪ.ਪ.)-ਲੰਬੇ ਇੰਤਜ਼ਾਰ ਤੋਂ ਬਾਅਦ ਸ਼ਹੀਦ ਊਧਮ ਸਿੰਘ ਚੌਂਕ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸਾਹਮਣਿਓ ਲੰਘ ਕੇ ਲੋਹੀਆਂ ਵੱਲ ਜਾਣ ਵਾਲੀ ਅਹਿਮ ਸੜਕ ਸਾਲ ਦੇ ਅੰਦਰ ਹੀ ਟੁੱਟਣੀ ਸ਼ੁਰੂ ਹੋ ਗਈ ਹੈ | ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਇਸ ਸੜਕ ਦੀ ਹਾਲਤ ਨੇ ਸੜਕ ਨਿਰਮਾਣ ਦੀ ਗੁਣਵੱਤਾ ਅਤੇ ਸਰਕਾਰੀ ਨਿਗਰਾਨੀ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ | ਇਹ ਸਿਰਫ਼ ਸ਼ਹਿਰ ਦੀ ਇੱਕ ਆਮ ਸੜਕ ਨਹੀਂ, ਸਗੋਂ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਜਾਣ ਵਾਲਾ ਪ੍ਰਮੁੱਖ ਰਸਤਾ ਹੈ | ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਇਸ ਰਸਤੇ ਰਾਹੀਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਦੇ ਹਨ | ਅੱਗੇ ਇਹ ਸੜਕ ਲੋਹੀਆਂ ਵੱਲੋਂ ਹੁੰਦੀ ਹੋਈ ਲੋਹੀਆਂ-ਮਖੂ ਖੇਤਰ ਨੂੰ ਜੋੜਦੀ ਹੈ, ਜਿਸ ਕਾਰਨ ਇਸ ਦੀ ਅਹਿਮੀਅਤ ਹੋਰ ਵੀ ਵੱਧ ਜਾਂਦੀ ਹੈ | ਸੜਕ ਦੇ ਨਵੀਂ ਬਣਨ ਤੋਂ ਬਾਅਦ ਸ਼ਹਿਰ ਵਾਸੀਆਂ ਨੂੰ ਆਸ ਸੀ ਕਿ ਹੁਣ ਲੰਮੇ ਸਮੇਂ ਦੀ ਸਮੱਸਿਆ ਦਾ ਪੱਕਾ ਹੱਲ ਹੋ ਗਿਆ ਹੈ, ਪਰ ਸਾਲ ਦੇ ਅੰਦਰ ਹੀ ਸੜਕ ਦਾ ਟੁੱਟਣਾ ਸ਼ੁਰੂ ਹੋਣ ਕਾਰਨ ਲੋਕਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ | ਲੋਕ ਸਵਾਲ ਕਰ ਰਹੇ ਹਨ ਕਿ ਜੇਕਰ ਕਰੋੜਾਂ ਰੁਪਏ ਖ਼ਰਚ ਕੇ ਬਣਾਈ ਸੜਕ ਇੰਨੇ ਥੋੜ੍ਹੇ ਸਮੇਂ ਵਿਚ ਹੀ ਜਵਾਬ ਦੇਣ ਲੱਗ ਪਈ ਹੈ ਤਾਂ ਇਸ ਦੀ ਉਸਾਰੀ ਵਿਚ ਵਰਤੀ ਗਈ ਸਮਗਰੀ ਅਤੇ ਕੰਮ ਦੀ ਗੁਣਵੱਤਾ ਦੀ ਜਾਂਚ ਕਿਉਂ ਨਾ ਕੀਤੀ ਜਾਵੇ | ਸ਼੍ਰੋਮਣੀ ਅਕਾਲੀ ਦਲ ਦੋਆਬਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਬੂਲੇ ਨੇ ਕਿਹਾ ਕਿ ਸੜਕ ਨੂੰ ਬਣਿਆਂ ਹਾਲੇ ਸਾਲ ਵੀ ਪੂਰਾ ਨਹੀਂ ਹੋਇਆ ਅਤੇ ਇਸ ਦਾ ਟੁੱਟਣਾ ਸ਼ੁਰੂ ਹੋ ਗਿਆ ਹੈ, ਜੋ ਬੇਹੱਦ ਚਿੰਤਾਜਨਕ ਹੈ | ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ | ਬੂਲੇ ਨੇ ਕਿਹਾ ਕਿ ਲੋਕਾਂ ਦੇ ਟੈਕਸਾਂ ਦੇ ਪੈਸੇ ਨਾਲ ਬਣਨ ਵਾਲੇ ਵਿਕਾਸ ਕਾਰਜ ਜੇਕਰ ਕੁੱਝ ਮਹੀਨਿਆਂ ਜਾਂ ਇੱਕ ਸਾਲ ਦੇ ਅੰਦਰ ਹੀ ਖ਼ਰਾਬ ਹੋਣ ਲੱਗ ਪੈਣ ਤਾਂ ਇਸ ਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ | ਉਨ੍ਹਾਂ ਮੰਗ ਕੀਤੀ ਕਿ ਸੜਕ ਦੀ ਤਕਨੀਕੀ ਜਾਂਚ ਕਰਵਾਈ ਜਾਵੇ ਅਤੇ ਨਿਰਮਾਣ ਵਿਚ ਵਰਤੀ ਸਮਗਰੀ ਦੀ ਗੁਣਵੱਤਾ ਦੀ ਜਾਂਚ ਕੀਤੀ ਜਾਵੇ |ਉਨ੍ਹਾਂ ਕਿਹਾ ਕਿ ਇਹ ਸੜਕ ਧਾਰਮਿਕ ਪੱਖੋਂ ਵੀ ਬੇਹੱਦ ਮਹੱਤਵਪੂਰਨ ਹੈ | ਕਿਉਂਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਹਜ਼ਾਰਾਂ ਸ਼ਰਧਾਲੂ ਰੋਜ਼ਾਨਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਇਸ ਰਸਤੇ ਦੀ ਵਰਤੋਂ ਕਰਦੇ ਹਨ | ਇਸ ਲਈ ਸਰਕਾਰ ਨੂੰ ਇਸ ਦੀ ਮੁਰੰਮਤ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ | ਇਸ ਮੌਕੇ ਸੁਰਜੀਤ ਸਿੰਘ ਸਾਬਕਾ ਚੇਅਰਮੈਨ ਨੇ ਕਿਹਾ ਕਿ ਨਵੀਂ ਬਣੀ ਸੜਕ ਦਾ ਇੰਨੇ ਘੱਟ ਸਮੇਂ ਵਿਚ ਟੁੱਟਣਾ ਆਪਣੇ ਆਪ ਵਿਚ ਵੱਡਾ ਸਵਾਲ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਲੋਕਾਂ ਦੀ ਸਹੂਲਤ ਲਈ ਬਣਾਈ ਸੜਕ ਟਿਕ ਨਹੀਂ ਰਹੀ |ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਕਾਗ਼ਜ਼ਾਂ ਵਿਚ ਨਹੀਂ, ਸੜਕਾਂ ‘ਤੇ ਨਜ਼ਰ ਆਉਣਾ ਚਾਹੀਦਾ ਹੈ | ਸੜਕ ਦੀ ਤੁਰੰਤ ਜਾਂਚ ਕਰਵਾ ਕੇ ਜਿੱਥੇ-ਜਿੱਥੇ ਨੁਕਸ ਪੈਦਾ ਹੋਏ ਹਨ, ਉਨ੍ਹਾਂ ਨੂੰ ਠੀਕ ਕਰਵਾਇਆ ਜਾਵੇ ਅਤੇ ਜੇਕਰ ਜਾਂਚ ਦੌਰਾਨ ਕਿਸੇ ਕਿਸਮ ਦੀ ਲਾਪਰਵਾਹੀ ਜਾਂ ਘਟੀਆ ਮੈਟੀਰੀਅਲ ਦੀ ਵਰਤੋਂ ਸਾਹਮਣੇ ਆਉਂਦੀ ਹੈ ਤਾਂ ਜ਼ੰੁਮੇਵਾਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ |ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਸੁੱਤੀ ਪਈ ਵਿਵਸਥਾ ਨੂੰ ਜਗਾਉਣ ਦੀ ਲੋੜ ਹੈ, ਕਿਉਂਕਿ ਇਹ ਸੜਕ ਸਿਰਫ਼ ਸਥਾਨਕ ਲੋਕਾਂ ਲਈ ਨਹੀਂ, ਸਗੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਆਉਣ ਵਾਲੀ ਸੰਗਤ ਲਈ ਵੀ ਬਹੁਤ ਮਹੱਤਵਪੂਰਨ ਹੈ | ਜੇਕਰ ਸਮੇਂ ਸਿਰ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੜਕ ਦੀ ਹਾਲਤ ਹੋਰ ਵੀ ਖ਼ਰਾਬ ਹੋ ਸਕਦੀ ਹੈ | ਸ਼ਹਿਰ ਵਾਸੀਆਂ ਨੇ ਵੀ ਮੰਗ ਕੀਤੀ ਹੈ ਕਿ ਸਬੰਧਿਤ ਵਿਭਾਗ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਕੇ ਸੜਕ ਦੀ ਜਾਂਚ ਕਰਨ ਅਤੇ ਲੋਕਾਂ ਨੂੰ ਦੱਸਣ ਕਿ ਕਰੋੜਾਂ ਦੀ ਲਾਗਤ ਨਾਲ ਬਣੀ ਸੜਕ ਸਾਲ ਦੇ ਅੰਦਰ ਹੀ ਟੁੱਟਣ ਦੇ ਪਿੱਛੇ ਅਸਲ ਕਾਰਨ ਕੀ ਹੈ | ਇਸ ਸਬੰਧੀ ਜਦੋਂ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨਾਲ਼ ਗੱਲਬਾਤ ਨਾ ਹੋ ਸਕੀ |
ਪਿਛਲੀ ਖ਼ਬਰ ਹਿੰਦੂ ਕੰਨਿਆ ਕਾਲਜ ਦੀ ਬੀ.ਏ. ਸਮੈਸਟਰ ਚੌਥਾ ਦੀ ਸਿਮਰਨ ਕੌਰ ਤੇ ਪਿ੍ਆ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਰਹੀਆਂ ਅਗਲੀ ਖ਼ਬਰ ਡਰਾਫ਼ਟ ਵੋਟਰ ਸੂਚੀ ਵਿਚ ਵੋਟਰ ਆਪਣਾ ਨਾਂਅ ਅਤੇ ਵੇਰਵਾ ਜ਼ਰੂਰ ਚੈੱਕ ਕਰਨ- ਬੀ.ਐਲ.ਓ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।