ਕਪੂਰਥਲਾ, 18 ਸਤੰਬਰ (ਵਿ.ਪ੍ਰ.)-ਜ਼ਿਲ੍ਹੇ ਵਿਚ ਡੇਂਗੂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਹਰੇਕ ਸ਼ੁੱਕਰਵਾਰ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤੇ ਇਸ ਮੁਹਿੰਮ ਦੌਰਾਨ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵਲੋਂ 1709 ਘਰਾਂ ਦੀ ਜਾਂਚ ਕੀਤੀ ਗਈ ਹੈ ਤੇ ਇਨ੍ਹਾਂ ਵਿਚੋਂ 29 ਥਾਵਾਂ ਤੋਂ ਡੇਂਗੂ ਦੀ ਲਾਰਵਾ ਮਿਲਿਆ, ਜਿਸ ਨੂੰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਨੂੰ ਸ਼ਰਮਾ ਕਾਰਜਕਾਰੀ ਸਿਵਲ ਸਰਜਨ ਕਪੂਰਥਲਾ ਨੇ ਦੱਸਿਆ ਕਿ ਸਿਹਤ ਵਿਭਾਗ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਤੇ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਦੇਣ | ਇਸੇ ਦੌਰਾਨ ਹੀ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਨੰਦਿਤਾ ਖੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਚਾਰ ਲੋਕਾਂ ਦੇ ਚਲਾਨ ਵੀ ਕੱਟੇ ਗਏ ਤੇ ਟੀਮਾਂ ਵਲੋਂ ਚਾਰ ਥਾਵਾਂ ‘ਤੇ ਸਪਰੇਅ ਵੀ ਕੀਤੀ ਗਈ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਡੇਂਗੂ ਤੋਂ ਬਚਾਅ ਤੇ ਸਿਵਲ ਹਸਪਤਾਲ ਵਿਚ ਡੇਂਗੂ ਦੇ ਇਲਾਜ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ |