ਬੇਮੌਸਮੀ ਬਰਸਾਤ ਕਾਰਨ ਫ਼ਸਲ ਖ਼ਰਾਬ ਹੋਣ ’ਤੇ ਸਰਕਾਰ ਕਿਸਾਨਾਂ ਦੀ ਬਾਂਹ ਫੜੇ-ਜਸਬੀਰ ਸਿੰਘ ਲਿੱਟਾਂ
ਭੁਲੱਥ, 12 ਅਕਤੂਬਰ (ਮਨਜੀਤ ਸਿੰਘ ਰਤਨ)-ਬੇਮੌਸਮੀ ਬਰਸਾਤ ਕਾਰਨ ਝੋਨੇ ਦੀ ਫ਼ਸਲ ਨੂੰ ਹੋਏ ਨੁਕਸਾਨ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ | ਦੂਜੇ ਪਾਸੇ, ਦਾਣਾ ਮੰਡੀਆਂ ’ਚ ਝੋਨੇ ਦੇ ਅੰਬਾਰ ਲੱਗੇ ਹੋਏ ਹਨ, ਜਿਸ ਕਾਰਨ ਕਿਸਾਨਾਂ ਨੂੰ ਆਪਣੀ ਪੁੱਤਾਂ ਵਾਂਗ ਪਾਲੀ ਫ਼ਸਲ ਦੀ ਸੰਭਾਲ ਕਰਨ ਲਈ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੀਂਹ ਕਾਰਨ ਝੋਨਾ ਗਿੱਲਾ ਹੋਣ ਅਤੇ ਫ਼ਸਲ ਦੀ ਗੁਣਵੱਤਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾ ਨੇ ਇੱਕ ਬਿਆਨ ਰਾਹੀਂ ਕੀਤਾ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਡਰ ਹੈ ਕਿ ਜੇਕਰ ਮੌਸਮ ਇਸੇ ਤਰ੍ਹਾਂ ਖ਼ਰਾਬ ਰਿਹਾ ਤਾਂ ਉਨ੍ਹਾਂ ਦੀ ਸਾਲ ਭਰ ਦੀ ਮਿਹਨਤ ਅਤੇ ਖ਼ਰਚੇ ਉੱਤੇ ਪਾਣੀ ਫਿਰ ਸਕਦਾ ਹੈ | ਜਸਬੀਰ ਸਿੰਘ ਲਿੱਟਾਂ ਨੇ ਕਿਹਾ ਕਿ ਕਿਸਾਨ ਦੇਸ਼ ਦੇ ਅੰਨ ਭੰਡਾਰ ਭਰਨ ਲਈ ਅਹਿਮ ਯੋਗਦਾਨ ਪਾਉਂਦੇ ਹਨ, ਇਸ ਲਈ ਇਸ ਸਮੇਂ ਸਰਕਾਰ ਨੂੰ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ | ਕਿਸਾਨਾਂ ਦੀ ਮਿਹਨਤ ਨਾਲ ਤਿਆਰ ਹੋਈ ਫ਼ਸਲ ਨੂੰ ਨੁਕਸਾਨ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਆਰਥਿਕ ਮਾਰ ਤੋਂ ਬਚਾਉਣ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ |