ਕਪੂਰਥਲਾ, 11 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਦੇ ਕਿੰਡਰ ਗਾਰਟਨ ਨਾਲ ਸਬੰਧਿਤ ਵਿਦਿਆਰਥੀਆਂ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼ਮ੍ਹਾ ਰੌਸ਼ਨ ਨਾਲ ਹੋਈ। ਉਪਰੰਤ ਨਰਸਰੀ ਜਮਾਤ ਦੇ ਨੰਨੇ ਮੁੰਨੇ ਬੱਚਿਆਂ ਨੇ ਮਨਮੋਹਕ ਡਾਂਸ ਦੀ ਪੇਸ਼ਕਾਰੀ ਰਾਹੀਂ ਮਹਿਮਾਨਾਂ ਦਾ ਸਵਾਗਤ ਕੀਤਾ ਤੇ ਬਾਅਦ ਵਿਚ ਵਿਦਿਆਰਥੀਆਂ ਵਲੋਂ ਡਾਂਸ, ਸਕਿੱਟ, ਭੰਗਡ਼ਾ ਤੇ ਹੋਰ ਸਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ, ਸੁਖਦੇਵ ਸਿੰਘ, ਸਕੱਤਰ ਪਰਮਿੰਦਰ ਕੌਰ ਤੇ ਪ੍ਰਿੰਸੀਪਲ ਹਰਜਿੰਦਰ ਕੌਰ ਢਿੱਲੋਂ ਨੇ ਵਿੱਦਿਅਕ ਤੇ ਹੋਰ ਖੇਤਰਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਦੇਵ ਸਿੰਘ ਨੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਸਭਿਆਚਾਰਕ ਪ੍ਰੋਗਰਾਮ ਤੇ ਸਿੱਖਿਆ ਖੇਤਰ ਵਿਚ ਉਨ੍ਹਾਂ ਦੀਆਂ ਮਾਣਮਤੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ, ਲਗਨ ਤੇ ਦ੍ਰਿਡ਼ ਇਰਾਦੇ ਨਾਲ ਅੱਗੇ ਵੱਧਣ ਤੇ ਜੀਵਨ ਵਿਚ ਉੱਚੇ ਮੁਕਾਮ ਹਾਸਲ ਕਰਕੇ ਆਪਣੇ ਸਕੂਲ, ਮਾਤਾ ਪਿਤਾ ਤੇ ਦੇਸ਼ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਤੇ ਉਨ੍ਹਾਂ ਆਪਣੇ ਬੱਚਿਆਂ ਦੀਆਂ ਪ੍ਰਾਪਤੀਆਂ ਤੇ ਪੇਸ਼ਕਾਰੀਆਂ ਨੂੰ ਦੇਖ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਸਮਾਗਮ ਵਿਚ ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।